480
ਵਡਹੰਸੁ ਮਹਲਾ ੫ ॥
ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥
ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ।1। ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ, (ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਹ ਆਤਮਕ ਮੌਤੇ ਮਰਦੀ ਹੈ, ਨਾਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ।1। ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ (ਮਾਨੋ) ਰਤਨ ਹਨ, ਜਵਾਹਰ ਹਨ, ਮੋਤੀ ਹਨ, ਲਾਲ ਹਨ। ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ ਖਿੜੇ ਰਹੀਦਾ ਹੈ।