677
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥
ਹੇ ਭਾਈ! ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥ ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, ਹੱਥ ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ ॥