417
ਤਿਲੰਗ ਮਹਲਾ ੪ ॥
ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥
ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ । ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ । ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ । ਮੈਂ ਉਹਨਾਂ (ਵਡ ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ ।੨।