306
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਟੋਡੀ ਮਹਲਾ ੪ ਘਰੁ ੧ ॥
ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥
ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।1। ਰਹਾਉ। ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ ਇਹੀ ਹੈ ਹਰੀ ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ।1।