310
ਸਲੋਕ ਮਃ ੩ ॥
ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥
ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ਨੂੰ ਸਿਮਰਦੇ ਹਨ,ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫ਼ਤਿ ਸਾਲਾਹ ਕਰਦੇ ਹਨ ।ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫ਼ੁਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ,ਹੇ ਨਾਨਕ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਵਿਚ ਮਿਲਾ ਲਿਆ ਹੈ ।੧।