ਧਨਾਸਰੀ ਮਹਲਾ ੪ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥
Daily Hukamnama
ਸਲੋਕੁ ਮਃ ੪ ॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥
(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥
ਅੰਗ: 652 | 14-07-2022
ਸੋਰਠਿ ਮਹਲਾ ੫ ॥
ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ॥੧॥ ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ॥ ਰਹਾਉ ॥
ਅੰਗ: 622 | 13-07-2022
ਵਡਹੰਸੁ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ
ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥
ਹੇ ਪਿਆਰੇ! ਮੇਰੇ ਮਨ ਵਿਚ (ਗੁਰੂ ਨੂੰ) ਮਿਲਣ ਦੀ ਤਾਂਘ ਹੈ, ਮੈਂ ਕਿਸ ਤਰ੍ਹਾਂ ਪੂਰੇ ਗੁਰੂ ਨੂੰ ਲੱਭਾਂ? ਜੇ ਬਾਲਕ ਨੂੰ ਸੌ ਖੇਡਾਂ ਨਾਲ ਖਿਡਾਇਆ ਜਾਏ (ਪਰਚਾਇਆ ਜਾਏ), ਤਾਂ ਭੀ ਉਹ ਦੁੱਧ ਤੋਂ ਬਿਨਾ ਨਹੀਂ ਰਹਿ ਸਕਦਾ। (ਤਿਵੇਂ ਹੀ) ਹੇ ਸਖੀ! ਜੇ ਮੈਨੂੰ ਸੌ ਭੋਜਨ ਭੀ ਦਿੱਤੇ ਜਾਣ, ਤਾਂ ਭੀ ਮੇਰੇ ਅੰਦਰ (ਵੱਸਦੀ ਪ੍ਰਭੂ ਮਿਲਾਪ ਦੀ) ਭੁੱਖ ਲਹਿ ਨਹੀਂ ਸਕਦੀ। ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਪਿਆਰੇ ਪ੍ਰਭੂ ਦਾ ਪ੍ਰੇਮ ਵੱਸ ਰਿਹਾ ਹੈ, ਤੇ (ਉਸ ਦੇ) ਦਰਸਨ ਤੋਂ ਬਿਨਾ ਮੇਰਾ ਮਨ ਸ਼ਾਂਤੀ ਨਹੀਂ ਹਾਸਲ ਕਰ ਸਕਦਾ ॥੧॥
ਅੰਗ: 564 | 12-07-2022
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥
ਅੰਗ: 729 | 11-07-2022
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥
(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ।
ਅੰਗ: 694 | 10-07-2022
ਸਲੋਕੁ ਮਃ ੩
ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥
ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ ॥ ਹੇ ਨਾਨਕ! ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ॥੧॥
ਅੰਗ: 644 | 09-07-2022
ਧਨਾਸਰੀ ਮਹਲਾ ੫ ॥
ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥
ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥
ਅੰਗ: 671 | 06-07-2022
ਰਾਗੁ ਬਾਣੀ ਰਵਿਦਾਸ ਜੀਉ ਕੀ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥
ਹੇ ਲੋਕੋ! ਮੁਕਤੀ ਦਾਤੇ ਪ੍ਰਭੂ ਨੂੰ ਸਦਾ ਸਿਮਰੋ, ਉਸ ਦੇ ਸਿਮਰਨ ਤੋਂ ਬਿਨਾ ਇਹ ਸਰੀਰ ਵਿਅਰਥ ਹੀ ਚਲਾ ਜਾਂਦਾ ਹੈ। ਮੇਰਾ ਤਾਂ ਮਾਂ ਪਿਉ ਹੀ ਉਹ ਪ੍ਰਭੂ ਹੈ, ਉਹੀ ਦੁਨੀਆ ਦੇ ਬੰਧਨਾਂ ਤੋਂ ਮੇਰੀ ਰਾਖੀ ਕਰ ਸਕਦਾ ਹੈ।੧। ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਦੀ ਬੰਦਗੀ ਕਰਨ ਵਾਲੇ ਨੂੰ ਸਦਾ ਹੀ ਅਨੰਦ ਬਣਿਆ ਰਹਿੰਦਾ ਹੈ, ਕਿਉਂਕਿ ਉਹ ਜਿਊਦਾ ਭੀ ਪ੍ਰਭੂ ਨੂੰ ਸਿਮਰਦਾ ਹੈ ਤੇ ਮਰਦਾ ਭੀ ਉਸੇ ਨੂੰ ਯਾਦ ਕਰਦਾ ਹੈ (ਸਾਰੀ ਉਮਰ ਹੀ ਪ੍ਰਭੂ ਨੂੰ ਚੇਤੇ ਰੱਖਦਾ ਹੈ) ।੧।ਰਹਾਉ।
ਅੰਗ: 875 | 07-07-2022
ਰਾਮਕਲੀ ਮਹਲਾ ੫ ॥
ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥
(ਹੇ ਭਾਈ!) ਗੁਰੂ ਦੀ ਰਾਹੀਂ (ਜਿਸ ਮਨੁੱਖ ਦੇ) ਹਿਰਦੇ ਵਿਚ ਅੱਖ ਦੇ ਫੋਰ ਜਿਤਨੇ ਸਮੇ ਵਾਸਤੇ ਭੀ ਹਰਿ ਨਾਮ ਵੱਸਦਾ ਹੈ, ਉਹ ( ਮਾਨੋ) ਅਨੇਕਾਂ ਰੂਪਾਂ ਰੰਗਾਂ ਅਤੇ ਮਾਇਕ ਪਦਾਰਥਾਂ ਦਾ ਰਸ ਮਾਣਦਾ ਹੈ। ਉਸ ਮਨੁੱਖ ਦੀ ਦੇਵਤਿਆਂ ਵਾਲੀ ਸੂਝ ਬੂਝ ਹੋ ਜਾਂਦੀ ਹੈ, ਉਸ ਦੀ ਬੁੱਧੀ (ਉੱਚੀ ਹੋ ਜਾਂਦੀ ਹੈ) ਉਹ ਰਿੱਧੀਆਂ ਸਿੱਧੀਆਂ (ਦਾ ਮਾਲਕ ਹੋ ਜਾਂਦਾ ਹੈ ) ; ਕ੍ਰੋੜਾਂ ਜਪਾਂ ਤਪਾਂ ( ਦਾ ਫਲ ਉਸ ਦੇ ਅੰਦਰ ) ਆ ਵੱਸਦਾ ਹੈ।੧। (ਹੇ ਭਾਈ!) ਪਰਮਾਤਮਾ ਦੇ ਨਾਮ ਦੀ ਮਹੱਤਤਾ ਦੱਸੀ ਨਹੀਂ ਜਾ ਸਕਦੀ ਹਰਿ ਨਾਮ ਦਾ ਮੁੱਲ ਪਾਇਆ ਨਹੀਂ ਜਾ ਸਕਦਾ । ੧ । ਰਹਾਉ
ਅੰਗ: 890 | 06-07-2022
ਸਲੋਕ ਮ: ੩ ॥
ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ ਮਨ ਵਿਚ ਖੋਟ ਟਿਕਿਆ ਰਹਿੰਦਾ ਹੈ ਸਦਾ (ਆਤਮਕ) ਕਲੇਸ਼ ਰਹਿੰਦਾ ਹੈ, ਉਸ ਦੀ ਸੁਰਤ ਨਹੀਂ ਜੁੜਦੀ। ਉਸ ਮਨੁੱਖ ਦੀ ਸਾਰੀ ਕਿਰਤ ਕਾਰ ਦੁੱਖ ਕਲੇਸ਼ ਵਿਚ ਹੀ ਹੁੰਦੀ ਹੈ ਕਲੇਸ਼ ਹੀ ਵਾਪਰਦਾ ਰਹਿੰਦਾ ਹੈ, ਪਰਲੋਕ ਵਿਚ ਭੀ ਉਸ ਦੇ ਵਾਸਤੇ ਕਲੇਸ਼ ਹੀ ਹੈ। ਮਿਹਰ ਨਾਲ ਗੁਰੂ ਮਿਲਦਾ ਹੈ ਤਦੋਂ ਸਦਾ ਥਿਰ ਹਰਿ ਨਾਮ ਵਿਚ ਉਸ ਦੀ ਲਗਨ ਲੱਗ ਜਾਂਦੀ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਆਨੰਦ ਮਿਲਿਆ ਰਹਿੰਦਾ ਹੈ ਤੇ ਉਸ ਦੇ ਮਨ ਵਿਚੋਂ ਭਟਕਣਾ ਦੂਰ ਹੋ ਜਾਂਦੀ ਹੈ ਸਹਿਮ ਦੂਰ ਹੋ ਜਾਂਦਾ ਹੈ ॥੧॥
ਅੰਗ: 851 | 05-07-2022
ਸਲੋਕ ਮ: ੩ ॥
ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥
ਅੰਗ: