385
ਗੂਜਰੀ ਮਹਲਾ ੩ ॥
ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥
ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਸਮਝ ਲੈਂਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ॥੧॥ ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਜੇ ਤੂੰ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ॥੧॥ ਰਹਾਉ॥