381
ਸਲੋਕੁ ਮਃ ੩ ॥
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥
ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ।