480
ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ।