425
ਸੂਹੀ ਮਹਲਾ ੧ ॥
ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥
ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ , ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ ਸੱਦ ਸਕਾਂ। ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ॥੧॥ ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ)। ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ,ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ॥੧॥ ਰਹਾਉ ॥