478
ਧਨਾਸਰੀ ਮਹਲਾ ੫ ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥
(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ।