755
ਸੂਹੀ ਮਹਲਾ ੪ ਘਰੁ ੬
ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥
ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ। (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ॥੧॥ ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ।