643
ਸੂਹੀ ਮਹਲਾ ੧ ॥
ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥
(ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮੱਤ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ।