490
ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, ਆਪਣੇ ਬਣਾ ਕੇ ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥