764
ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਅੈ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥
ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ ।