531
ਤਿਲੰਗ ਘਰੁ ੨ ਮਹਲਾ ੫ ॥
ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥
ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ॥ ਰਹਾਉ ॥