341
ਸੋਰਠਿ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥
ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।