ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ॥
ੴ ਸਤਿਗੁਰ ਪ੍ਰਸਾਦਿ ॥
ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥
ਪੰਜਾਬੀ ਵਿਆਖਿਆ:
ਰਾਗ ਵਡਹੰਸ, ਘਰ ੫ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ ‘ਅਲਾਹਣੀਆਂ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ। ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਤੇ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। (ਉਮਰ ਦਾ ਸਮਾ ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਅਉਂਦਾ ਹੈ ਤਾਂ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ। (ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ॥੧॥ ਹੇ ਮੇਰੇ ਭਰਾਵੋ! (ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭਨਾਂ ਨੇ ਹੀ ਕਰਨਾ ਹੈ। ਦੁਨੀਆ ਵਿਚ ਮਾਇਆ ਦਾ ਝੂਠਾ ਆਹਰ ਚਾਰ ਦਿਨਾਂ ਲਈ ਹੀ ਹੈ, (ਹਰੇਕ ਨੇ ਹੀ) ਇਥੋਂ ਅਗਾਂਹ (ਪਰਲੋਕ ਵਿਚ) ਜ਼ਰੂਰ ਚਲੇ ਜਾਣਾ ਹੈ। ਇਥੋਂ ਅਗਾਂਹ ਜ਼ਰੂਰ (ਹਰੇਕ ਨੇ) ਚਲੇ ਜਾਣਾ ਹੈ, (ਇਥੇ ਜਗਤ ਵਿਚ) ਅਸੀਂ ਪਰਾਹੁਣਿਆਂ ਵਾਂਗ ਹੀ ਹਾਂ, (ਕਿਸੇ ਵੀ ਧਨ ਪਦਾਰਥ ਆਦਿਕ ਦਾ) ਮਾਣ ਕਰਨਾ ਵਿਅਰਥ ਹੈ। ਉਸ ਪਰਮਾਤਮਾ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ ਜਿਸ ਦੇ ਸਿਮਰਨ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਆਤਮਕ ਆਨੰਦ ਮਿਲਦਾ ਹੈ। ਪਰਲੋਕ ਵਿਚ ਕਿਸੇ ਦਾ ਭੀ ਹੁਕਮ ਨਹੀਂ ਚੱਲ ਸਕਦਾ, ਉਥੇ ਤਾਂ ਹਰੇਕ ਦੇ ਸਿਰ ਉਤੇ (ਆਪੋ ਆਪਣੇ) ਕੀਤੇ ਅਨੁਸਾਰ ਬੀਤਦੀ ਹੈ। ਹੇ ਮੇਰੇ ਭਰਾਵੋ! (ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭ ਨੇ ਹੀ ਕਰ ਜਾਣਾ ਹੈ ॥੨॥ ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਭਾਉਂਦਾ ਹੈ। ਉਹ ਸਦਾ-ਥਿਰ ਰਹਿਣ ਵਾਲਾ ਸਿਰਜਣਹਾਰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ। ਉਹ ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ ਸਭ ਦਾ ਪੈਦਾ ਕਰਨ ਵਾਲਾ ਹੈ, ਅਦ੍ਰਿਸ਼ਟ ਹੈ, ਬੇਅੰਤ ਹੈ, ਕੋਈ ਭੀ ਜੀਵ ਉਸ ਦੇ ਗੁਣਾਂ ਦਾ ਅੰਤ ਨਹੀਂ ਲੱਭ ਸਕਦਾ। ਜਗਤ ਵਿਚ ਜੰਮਣਾ ਉਹਨਾਂ ਦਾ ਹੀ ਸਫਲ ਕਿਹਾ ਜਾਂਦਾ ਹੈ ਜਿਨ੍ਹਾਂ ਨੇ ਉਸ ਬੇਅੰਤ ਪ੍ਰਭੂ ਨੂੰ ਸੁਰਤ ਜੋੜ ਕੇ ਸਿਮਰਿਆ ਹੈ। ਉਹ ਪਰਮਾਤਮਾ ਆਪ ਹੀ ਜਗਤ-ਰਚਨਾ ਨੂੰ ਢਾਹ ਦੇਂਦਾ ਹੈ, ਢਾਹ ਕੇ ਆਪ ਹੀ ਫਿਰ ਬਣਾ ਲੈਂਦਾ ਹੈ, ਉਹ ਆਪਣੇ ਹੁਕਮ ਵਿਚ ਜੀਵਾਂ ਨੂੰ ਚੰਗੇ ਜੀਵਨ ਵਾਲੇ ਬਣਾਂਦਾ ਹੈ। ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਚੰਗਾ ਲੱਗਦਾ ਹੈ ॥੩॥ ਹੇ ਨਾਨਕ! ਉਸੇ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ। ਹੇ ਭਾਈ! ਦੁਨੀਆ ਦੇ ਧਨ ਪਦਾਰਥ ਦੀ ਖ਼ਾਤਰ ਜੋ ਰੋਵੀਦਾ ਹੈ ਉਹ ਰੋਣਾ ਸਾਰਾ ਹੀ ਵਿਅਰਥ ਜਾਂਦਾ ਹੈ। ਪਰਮਾਤਮਾ ਵਲੋਂ ਭੁੱਲਾ ਹੋਇਆ ਜਗਤ ਮਾਇਆ ਦੀ ਖ਼ਾਤਰ ਰੋਂਦਾ ਹੈ ਇਹ ਸਾਰਾ ਹੀ ਰੁਦਨ ਵਿਅਰਥ ਹੈ। ਮਨੁੱਖ ਨੂੰ ਚੰਗੇ ਮੰਦੇ ਕੰਮ ਦੀ ਪਛਾਣ ਨਹੀਂ ਆਉਂਦੀ, (ਮਾਇਆ ਦੀ ਖ਼ਾਤਰ ਰੋ ਰੋ ਕੇ) ਇਸ ਸਰੀਰ ਨੂੰ ਵਿਅਰਥ ਹੀ ਨਾਸ ਕਰ ਲੈਂਦਾ ਹੈ। ਜੋ ਜਗਤ ਵਿਚ (ਜਨਮ ਲੈ ਕੇ) ਆਇਆ ਹੈ (ਆਪਣਾ ਸਮਾ ਮੁਕਾ ਕੇ) ਚਲਾ ਜਾਇਗਾ, ਨਾਸਵੰਤ ਜਗਤ ਦੇ ਮੋਹ ਵਿਚ ਫਸ ਕੇ (ਵਿਅਰਥ) ਮਾਣ ਕਰਦੇ ਹੋ। ਹੇ ਨਾਨਕ! ਉਸੇ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ ॥੪॥੧॥
English Translation:
Raag Vaddahans Mahalaa 1 Ghar 5 Alaahaneea |ik oankaar satigur prasaad |dhan sirandaa sachaa paatisaahu jin jag dhandhai laaeaa |muhalat punee paaee bharee jaaneearraa ghat chalaaeaa |jaanee ghat chalaaeaa likhiaa aaeaa rune veer sabaae |kaaneaa hans theea vechhorraa jaan din pune meree maae |jehaa likhiaa tehaa paaeaa jehaa purab kamaaeaa |dhan sirandaa sachaa paatisaahu jin jag dhandhai laaeaa |1|saahib simarahu mere bhaaeeho sabhanaa ehu peaanaa |ethai dhandhaa koorraa chaar dihaa aagai sarapar jaanaa |aagai sarapar jaanaa jiau mihamaanaa kaahe gaarab keejai |jit seviaai daragah sukh paaeeai naam tisai kaa leejai |aagai hukam na chalai moole sir sir kiaa vihaanaa |saahib simarihu mere bhaaeeho sabhanaa ehu peaanaa |2|jo tis bhaavai samrath so theeai heelarraa ehu sansaaro |jal thal maheeal rav rahiaa saacharraa sirajanahaaro |saachaa sirajanahaaro alakh apaaro taa kaa ant na paaeaa |aaeaa tin kaa safal bheaa hai ik man jinee dhiaaeaa |dtaahe dtaeh usaare aape hukam savaaranahaaro |jo tis bhaavai samrath so theeai heelarraa ehu sansaaro |3|naanak runaa baabaa jaaneeai je rovai laae piaaro |vaaleve kaaran baabaa roeeai rovan sagal bikaaro |rovan sagal bikaaro gaafal sansaaro maaeaa kaaran rovai |changaa mandaa kichh soojhai naahee ihu tan evai khovai |aaithai aaeaa sabh ko jaasee koorr karahu ahankaaro |naanak runaa baabaa jaaneeai je rovai laae piaaro |4|1|
ਅੰਗ: 578 | 16-10-2024