508
ਸਲੋਕੁ ਮਃ ੩ ॥
ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥
(ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਨਾਨਕ ਜੀ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ।