390
ਸਲੋਕੁ ਮਃ ੩ ॥
ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥
(ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।