718
ਗਉੜੀ ਕਬੀਰ ਜੀ ॥
ਜਿਹ ਮਰਨੈ ਸਭੁ ਜਗਤੁ ਤਰਾਸਿਆ ॥ ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥ ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥
ਜਿਸ ਮੌਤ ਨੇ ਸਾਰਾ ਸੰਸਾਰ ਡਰਾ ਦਿੱਤਾ ਹੋਇਆ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੈਨੂੰ ਸਮਝ ਆ ਗਈ ਹੈ ਕਿ ਉਹ ਮੌਤ ਅਸਲ ਵਿਚ ਕੀਹ ਚੀਜ਼ ਹੈ।1। ਹੁਣ ਮੈਂ ਜਨਮ ਮਰਨ ਵਿਚ ਕਿਉਂ ਪਵਾਂਗਾ? (ਭਾਵ, ਨਹੀਂ ਪਵਾਂਗਾ) (ਕਿਉਂਕਿ) ਮੇਰਾ ਮਨ ਆਪਾ ਭਾਵ ਦੀ ਮੌਤ ਵਿਚ ਪਤੀਜ ਗਿਆ ਹੈ। (ਕੇਵਲ) ਉਹ ਮਨੁੱਖ ਸਦਾ ਜੰਮਦੇ ਮਰਦੇ ਰਹਿੰਦੇ ਹਨ ਜਿਨ੍ਹਾਂ ਨੇ ਪ੍ਰਭੂ ਨੂੰ ਨਹੀਂ ਪਛਾਣਿਆ (ਪ੍ਰਭੂ ਨਾਲ ਸਾਂਝ ਨਹੀਂ ਪਾਈ) ।1। ਰਹਾਉ।