470
ਧਨਾਸਰੀ ਮਹਲਾ ੪ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥