388
ਧਨਾਸਰੀ ਮਹਲਾ ੫ ॥
ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥
ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।