340
ਸੋਰਠਿ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥
ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧।