434
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।