341
ਸਲੋਕੁ ਮ: ੩ ॥
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥
ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)। ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।