350
ਸੋਰਠਿ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥
ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥