652
ਵਡਹੰਸੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥
ਮਨੁੱਖ ਦਾ ਮਨ (ਵਿਕਾਰਾਂ ਨਾਲ) ਮੈਲਾ ਹੈ ਤਾਂ ਸਭ ਕੁਝ ਮੈਲਾ ਹੈ ਅਤੇ ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ। ਪਰ ਇਹ ਸੰਸਾਰ ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ, ਕੋਈ ਵਿਰਲਾ ਹੀ (ਇਸ ਸੱਚਾਈ ਨੂੰ) ਸਮਝਦਾ ਹੈ ॥੧॥ ਹੇ ਮੇਰੇ ਮਨ! ਤੂੰ ਸਿਰਫ਼ ਪਰਮਾਤਮਾ ਦਾ ਇਕ ਨਾਮ ਹੀ ਜਪਿਆ ਕਰ। ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ॥੧॥ ਰਹਾਉ॥