318
ਸੋਰਠਿ ਮਹਲਾ ੩ ਘਰੁ ੧ ਤਿਤੁਕੀ
ੴ ਸਤਿਗੁਰ ਪ੍ਰਸਾਦਿ ॥
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥
ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।