354
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥
(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥