494
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
ੴ ਸਤਿਗੁਰ ਪ੍ਰਸਾਦਿ ॥
ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥
ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ ਅਵਸਥਾ ਚੰਗੀ ਲੱਗ ਰਹੀ ਹੈ।