563
ਬਿਹਾਗੜਾ ਮਹਲਾ ੫ ॥
ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥
ਹੇ ਸਭ ਤੋਂ ਵੱਡੇ! ਹੇ ਸਰਬ ਗੁਣ-ਭਰਪੂਰ ਪ੍ਰਭੂ! (ਮੇਰੇ ਉੱਤੇ) ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ, ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ ਸਾਲਾਹ ਦਾ ਗੀਤ ਗਾਂਦਾ ਰਹਾਂ, ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ। ਹੇ ਗੋਪਾਲ! ਹੇ ਗੋਬਿੰਦ! (ਮੇਰੇ ਉਤੇ) ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ। ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਮੇਰੀ ਇਹ ਜਿੰਦ, ਮੇਰਾ ਇਹ ਮਨ ਇਹ ਸਰੀਰ, ਇਹ ਧਨ ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ।