362
ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥
ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥ ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ॥੧॥ ਰਹਾਉ॥