471
ਬਿਲਾਵਲੁ ਮਹਲਾ ੫ ॥
ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥
ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ। ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤ ਦੇਂਦਾ ਆਇਆ ਹੈ ਸਾਰੇ ਚਿੰਤਾ ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ ॥੧॥ ਰਹਾਉ॥ ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ। (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕ੍ਰੋੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ ॥੧॥