298
ਧਨਾਸਰੀ ਮਹਲਾ ੩ ॥
ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥
ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥