467
ਟੋਡੀ ਮਹਲਾ ੫ ॥
ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ਆਤਮਕ ਅਡੋਲਤਾ ਦੇ ਕਾਰਨ ਦਿਨ ਰਾਤ ਆਨੰਦ ਬਣਿਆ ਰਹਿੰਦਾ ਹੈ। ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ ਹੱਥ ਫੜ ਕੇ ਵਿਹੁਲੇ ਸੰਸਾਰ ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।