486
ਸਲੋਕੁ ਮਃ ੩ ॥
ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥
ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ। ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ। ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ।