442
ਰਾਮਕਲੀ ਮਹਲਾ ੫ ॥
ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥
(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ। ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ।੧। (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ ਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ।੧।ਰਹਾਉ।