448
ਧਨਾਸਰੀ ਮਹਲਾ ੫ ॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥