399
ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥
ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ (ਜਦੋਂ ਮਨੁੱਖ) ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ ਤੇ (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ ਸਾਰੇ ਹੀ ਸਾਥ ਛੱਡ ਜਾਂਦੇ ਹਨ (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।