388
ਰਾਮਕਲੀ ਮਹਲਾ ੧ ॥
ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥ ਗੁਰ ਤਾਰਿ ਤਾਰਣਹਾਰਿਆ ॥ ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥
ਹੇ ਗੁਰੂ! ਮੇਰੀ ਜ਼ਿੰਦਗੀ ਦੀ ਬੇੜੀ ਪਾਪਾਂ ਨਾਲ ਭਰੀ ਹੋਈ ਹੈ, ਮਾਇਆ ਦਾ ਝੱਖੜ ਝੁੱਲ ਰਿਹਾ ਹੈ, ਮੈਨੂੰ ਡਰ ਲੱਗ ਰਿਹਾ ਹੈ ਕਿ ਕਿਤੇ ਡੁੱਬ ਨ ਜਾਏ। ਪਰਮਾਤਮਾ ਨੂੰ ਮਿਲਣ ਵਾਸਤੇ ਮੈਂ ਝਾਕਾ ਲਾਹ ਕੇ ਤੇਰੇ ਦਰ ਤੇ ਆ ਗਿਆ ਹਾਂ। ਹੇ ਗੁਰੂ! ਮੈਨੂੰ ਜ਼ਰੂਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ।੧।(ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚੋਂ) ਤਾਰਨ ਵਾਲੇ ਹੇ ਗੁਰੂ! ਮੈਨੂੰ ਪਾਰ ਲੰਘਾ ਲੈ। ਸਦਾ ਕਾਇਮ ਰਹਿਣ ਵਾਲੇ ਅਤੇ ਸਰਬ-ਵਿਆਪਕ ਪਰਮਾਤਮਾ ਦੀ ਭਗਤੀ (ਦੀ ਦਾਤਿ) ਮੈਨੂੰ ਦੇਹ। ਮੈਂ ਤੈਥੋਂ ਸਦਕੇ ਜਾਂਦਾ ਹਾਂ।੧।ਰਹਾਉ।