411
ਸੋਰਠਿ ਮਹਲਾ ੪ ॥
ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥
ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) । ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ) । ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ ।੧।