ਧਨਾਸਰੀ ਮਹਲਾ ੧ ॥
ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥
ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ॥੧॥ ਹੇ ਨਾਨਕ ਜੀ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ, ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ।
daily hukamnama darbar sahib
ਟੋਡੀ ਮਹਲਾ ੫ ॥
ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥
ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ।
ਅੰਗ: 711 । 15-08-2021
ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਅੈ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥
ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ ।
ਅੰਗ: 698 । 14-08-2021
ਸੂਹੀ ਮਹਲਾ ੪ ਘਰੁ ੬
ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥
ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ। (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ॥੧॥ ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ।
ਅੰਗ: 733 । 13-08-2021
ਧਨਾਸਰੀ ਮਹਲਾ ੫ ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥
(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ।
ਅੰਗ: 678 । 12-08-2021
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।
ਅੰਗ: 666 । 11-08-2021
ਸੋਰਠਿ ਮਹਲਾ ੩ ਘਰੁ ੧ ਤਿਤੁਕੀ
ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥
ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।
ਅੰਗ: 637 । 10-08-2021
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ।
ਅੰਗ: 639 । 9-08-2021
ਰਾਗੁ ਸੂਹੀ ਮਹਲਾ ੪ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥
ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ)। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ।
ਅੰਗ: 773 । 7-08-2021
ਵਡਹੰਸੁ ਮਹਲਾ ੩ ॥
ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥
ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੧॥ ਜਿਸ ਦੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ ਤੇ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਮੈਂ ਆਪਣੇ ਉਸ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ।
ਅੰਗ: 560 । 6-08-2021
ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥
ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।
ਅੰਗ: 666 । 5-08-2021
ਰਾਗੁ ਸੂਹੀ ਮਹਲਾ ੪ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥
ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ)। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ।
ਅੰਗ: 773 । 4-08-2021