daily hukamnama
ਸਲੋਕ
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।
ਅੰਗ: 709 | 30-09-2021
ਧਨਾਸਰੀ ਮਹਲਾ ੪
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥
ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ। ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ।
ਅੰਗ: 668 | 29-09-2021
ਸੋਰਠਿ ਮਹਲਾ ੫
ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥
ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।
ਅੰਗ: 624 | 28-09-2021
ਸੋਰਠਿ ਮਹਲਾ ੩ ॥
ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼ ॥੧॥ ਪਿਆਰੇ ਪ੍ਰਭੂ ਜੀ! (ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।
ਅੰਗ: 603 | 27-09-2021
ਸਲੋਕੁ ਮ: ੩
ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥
ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ। ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ। (ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ ।
ਅੰਗ: 554 | 26-09-2021
ਵਡਹੰਸੁ ਮਹਲਾ ੩
ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ
ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥
ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ ਪ੍ਰਭੂ ਦੀ ਸਿਫ਼ਤਿ ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ। ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।
ਅੰਗ: 587 | 25-09-2021
ਸਲੋਕੁ ਮਃ ੩
ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥
ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; (ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ। ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ, ਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ); ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ।
ਅੰਗ: 587 | 24-09-2021
ਸੋਰਠਿ ਮਹਲਾ ੪
ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥
ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) । ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ)। ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ।
ਅੰਗ: 605 | 23-09-2021
ਧਨਾਸਰੀ ਮਹਲਾ ੪
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ।
ਅੰਗ: 668 | 22-09-2021