ਵਡਹੰਸੁ ਮਹਲਾ ੧ ਛੰਤ
ੴ ਸਤਿਗੁਰ ਪ੍ਰਸਾਦਿ ॥
ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥
ਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ। ਉਹੀ ਮਨੁੱਖ ਨ੍ਹਾਤਾ ਹੋਇਆ (ਪਵਿਤ੍ਰ) ਹੈ ਤੇ ਉਹੀ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੈ ਜੋ ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ। ਜਦੋਂ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਜੀਵ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ। ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤਿ (ਕੂੜ ਵਿਚੋਂ ਨਿਕਲ ਕੇ) ਉੱਚੀ ਨਹੀਂ ਹੋ ਸਕਦੀ।
dharmik status punjabi
ਸੋਰਠਿ ਮਹਲਾ ੫ ॥
ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ॥੧॥ ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ॥ ਰਹਾਉ ॥
ਅੰਗ: 622 | 05-06-2022
ਰਾਮਕਲੀ ਮਹਲਾ ੫ ॥
ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥
(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ। ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ।੧। (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ ਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ।੧।ਰਹਾਉ।
ਅੰਗ: 891 | 04-06-2022
ਸੋਰਠਿ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥
ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।
ਅੰਗ: 617 | 03-06-2022
ਬਿਲਾਵਲੁ ਮਹਲਾ ੫ ॥
ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥
(ਹੇ ਭਾਈ! ਬੇਨਤੀ ਕਰਿਆ ਕਰ-) ਹੇ ਪ੍ਰਭੂ! (ਮੇਰਾ) ਜਨਮ ਮਰਨ (ਦਾ ਗੇੜ) ਮੁਕਾ ਦੇਹ। ਮੈਂ ਆਸ ਲਾਹ ਕੇ ਤੇਰੇ ਦਰ ਤੇ ਆ ਡਿੱਗਾ ਹਾਂ। (ਮਿਹਰ ਕਰ) ਤੇਰੇ ਸੰਤ ਜਨਾਂ ਦੇ ਚਰਨ ਫੜ ਕੇ (ਤੇਰੇ ਸੰਤ ਜਨਾਂ ਦਾ) ਪੱਲਾ ਫੜ ਕੇ, ਮੇਰੇ ਮਨ ਨੂੰ, ਹੇ ਹਰੀ! ਤੇਰਾ ਪਿਆਰ ਮਿੱਠਾ ਲੱਗਦਾ ਰਹੇ। ਮਿਹਰ ਕਰ ਕੇ ਮੈਨੂੰ ਆਪਣੇ ਲੜ ਨਾਲ ਲਾ ਲੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆ ਕਰ ॥੧॥ ਹੇ ਗ਼ਰੀਬਾਂ ਦੇ ਖਸਮ! ਹੇ ਦਇਆ ਦੇ ਸੋਮੇ! ਹੇ ਮੇਰੇ ਸੁਆਮੀ! ਹੇ ਦੀਨਾ ਨਾਥ! ਹੇ ਦਇਆਲ! ਮੈਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ॥੧॥ ਰਹਾਉ॥
ਅੰਗ: 837 | 02-06-2022
ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥
ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ॥ ਰਹਾਉ ॥
ਅੰਗ: 723 | 01-06-2022
ਸਲੋਕੁ ਮਃ ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥
ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1।
ਅੰਗ: 646 | 30-05-2022
ਬਿਹਾਗੜਾ ਮਹਲਾ ੪ ॥
ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥
ਹੇ ਮੇਰੇ ਹਰੀ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ। ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ।
ਅੰਗ: 541 | 29-05-2022
ਦੇਵਗੰਧਾਰੀ ੫ ॥
ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥
ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ। ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧।
ਅੰਗ: 531 | 28-05-2022
ਸਲੋਕ ਮ:੫ ॥
ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮ: ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥
ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਗੁਰੂ ਨਾਨਕ ਜੀ ਅਰਦਾਸ ਕਰਦੇ ਹਨ ਹੈ ਕਿ ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ ॥੧॥ (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, (ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ) ਹੇ ਨਾਨਕ! (ਇਹ ਉਸ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ ॥੨॥
ਅੰਗ: 518| 27-05-2022
ਸੋਰਠਿ ਮਹਲਾ ੫ ॥
ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥
ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ aਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥
ਅੰਗ: 611 | 26-05-2022
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਜੋ ਸੰਤ ਜਨ ਗੋਪਾਲ ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨।
ਅੰਗ: 709 | 25-05-2022