ਧਨਾਸਰੀ ਮਹਲਾ ੫
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।
dharmik status punjabi
ਧਨਾਸਰੀ ਮਹਲਾ ੫
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥
(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ
ਅੰਗ: 672 | 08-09-2021
ਧਨਾਸਰੀ ਮਹਲਾ ੪
ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥
ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! (ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧। ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।
ਅੰਗ: 669 | 07-09-2021
ਸੂਹੀ ਮਹਲਾ ੧
ਘਰੁ ੬ ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ ।
ਅੰਗ: 729 | 06-09-2021
ਧਨਾਸਰੀ ਮਹਲਾ ੧ ਘਰੁ ੨
ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।
ਅੰਗ: 685 | 05-09-2021
ਸੂਹੀ ਮਹਲਾ ੫ ॥
ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥੧॥ ਸਾਧੂ ਧੂਰਿ ਮੁਖਿ ਮਸਤਕਿ ਲਾਈ ॥ ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥
ਗੁਰੂ ਦੀ ਉਚਾਰੀ ਹੋਈ ਬਾਣੀ ਆਤਮਕ ਜੀਵਨ ਦੇਣ ਵਾਲੇ ਬਚਨ ਹਨ। ਜੇਹੜਾ ਜੇਹੜਾ ਮਨੁੱਖ (ਇਸ ਬਾਣੀ ਨੂੰ) ਜਪਦਾ ਹੈ, ਉਸ ਦੀ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ, ਉਹ ਮਨੁੱਖ ਸਦਾ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ। ਕਲੇਸ਼ਾਂ ਭਰੇ ਜੀਵਨ ਸਮੇ ਦੇ ਸਾਰੇ ਕਲੇਸ਼ ਮਿਟ ਜਾਂਦੇ ਹਨ, ਇਕ ਹਰਿ ਨਾਮ ਹੀ ਮਨ ਵਿਚ ਟਿਕਿਆ ਰਹਿੰਦਾ ਹੈ ॥੧॥ ਗੁਰੂ ਦੇ ਚਰਨਾਂ ਦੀ ਧੂੜ ਮੱਥੇ ਉਤੇ ਲਾ ਲਈ, ਹੇ ਨਾਨਕ! ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੀ ਸਰਨ ਪੈ ਕੇ (ਝਗੜਿਆਂ ਕਲੇਸ਼ਾਂ ਤੋਂ) ਬਚ ਗਏ।
ਅੰਗ: 744 | 29-08-2021
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥
ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥ ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ।
ਅੰਗ: ਅੰਗ: 727 | 28-08-21
ਸੋਰਠਿ ਮਹਲਾ ੩ ॥
ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥
ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ , ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ। ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ।
ਅੰਗ: 601| 27-08-2021
ਸਲੋਕੁ ਮ: ੩ ॥
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥
ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)। ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।
ਅੰਗ: 647 | 26-08-2021
ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥
ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ
ਅੰਗ: 723 । 25-08-2021
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥
ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ – ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ ਰਸ ਵੱਜਣ ਲੱਗ ਪਏ ਹਨ
ਅੰਗ: 656 । 24-08-2021
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।
ਅੰਗ: 639 । 23 ਅਗਸਤ 2021