ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥
ਹੇ ਮਿੱਤਰ (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ (ਜਦੋਂ ਮਨੁੱਖ) ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।
Gurbani status in Punjabi
ਸਲੋਕੁ ਮ:੩ ॥
ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਮ: ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥
ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ, ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ ॥੧॥ ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ, ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ
ਅੰਗ: 591| 31-10-2022
ਆਸਾ ॥
ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥ ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥ ਰਾਮ ਰਾਮ ਰਾਮ ਰਮੇ ਰਮਿ ਰਹੀਐ ॥ ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥ ਕਊਆ ਕਹਾ ਕਪੂਰ ਚਰਾਏ ॥ ਕਹ ਬਿਸੀਅਰ ਕਉ ਦੂਧੁ ਪੀਆਏ ॥੨॥
(ਜਿਵੇਂ) ਕੁੱਤੇ ਨੂੰ ਸਿੰਮ੍ਰਿਤੀਆਂ ਸੁਣਾਉਣ ਦਾ ਕੋਈ ਲਾਭ ਨਹੀਂ ਹੁੰਦਾ, ਤਿਵੇਂ ਸਾਕਤ ਦੇ ਕੋਲ ਪਰਮਾਤਮਾ ਦੇ ਗੁਣ ਗਾਵਿਆਂ ਸਾਕਤ ਉੱਤੇ ਅਸਰ ਨਹੀਂ ਪੈਂਦਾ।1। (ਹੇ ਭਾਈ! ਆਪ ਹੀ) ਸਦਾ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, ਕਦੇ ਭੀ ਕਿਸੇ ਸਾਕਤ ਨੂੰ ਸਿਮਰਨ ਕਰਨ ਦੀ ਸਿੱਖਿਆ ਨਹੀਂ ਦੇਣੀ ਚਾਹੀਦੀ।1। ਰਹਾਉ। ਕਾਂ ਨੂੰ ਮੁਸ਼ਕ-ਕਾਫ਼ੂਰ ਖੁਆਉਣ ਤੋਂ ਕੋਈ ਗੁਣ ਨਹੀਂ ਨਿਕਲਦਾ (ਕਿਉਂਕਿ ਕਾਂ ਦੀ ਗੰਦ ਖਾਣ ਦੀ ਆਦਤ ਨਹੀਂ ਜਾ ਸਕਦੀ, ਇਸੇ ਤਰ੍ਹਾਂ) ਸੱਪ ਨੂੰ ਦੁੱਧ ਪਿਲਾਉਣ ਨਾਲ ਭੀ ਕੋਈ ਫ਼ਾਇਦਾ ਨਹੀਂ ਹੋ ਸਕਦਾ (ਉਹ ਡੰਗ ਮਾਰਨੋਂ ਫਿਰ ਭੀ ਨਹੀਂ ਟਲੇਗਾ)।2।
ਅੰਗ: 481| 30-10-2022
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥
ਇਹ ਜਗਤ ਅਣਪੱਤ (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥
ਅੰਗ: 508| 29-10-2022
ਸਲੋਕ ਮਃ ੩ ॥
ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥
ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ਨੂੰ ਸਿਮਰਦੇ ਹਨ,ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫ਼ਤਿ ਸਾਲਾਹ ਕਰਦੇ ਹਨ ।ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫ਼ੁਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ,ਹੇ ਨਾਨਕ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਵਿਚ ਮਿਲਾ ਲਿਆ ਹੈ ।੧।
ਅੰਗ: 551 | 28-10-2022
ਬਿਲਾਵਲੁ ਮਹਲਾ ੫॥
ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥
ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ ॥ ਰਹਾਉ॥
ਅੰਗ: 807| 27-10-2022
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥
ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥
ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ ਮੰਗੇ ਫਲ ਹਾਸਲ ਕਰ ਲਏਂਗਾ, (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ। ਸੋ, ਹੇ ਮੇਰੇ ਮਨ! ਉਸ ਮਾਲਕ ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ।੧।
ਅੰਗ: 859 | 26-10-2022
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥
ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥
ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ, (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ। ਸੋ, ਹੇ ਮੇਰੇ ਮਨ! ਉਸ ਮਾਲਕ ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ।੧।
ਅੰਗ: 859 | 07-08-2022
ਰਾਮਕਲੀ ਮਹਲਾ ੧ ॥
ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥
(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ ਭਿੱਛਿਆ ਮਿਲ ਜਾਏ।੧। ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।
ਅੰਗ: 877 | 25-10-2022
ਬਿਲਾਵਲੁ ਮਹਲਾ ੪ ॥
ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥
ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ। ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ) ।੧।
ਅੰਗ: 833 | 24-10-2022
ਰਾਗ ਧਨਾਸਰੀ
ਬਾਣੀ ਭਗਤ ਕਬੀਰ ਜੀ ਕੀ
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥
ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ ਪ੍ਰੇਮ ਤੇ ਪ੍ਰਭੂ ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ। ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ॥੧॥
ਅੰਗ: 692 | 22-10-2022
ਸੋਰਠਿ ਮਹਲਾ ੩ ਘਰੁ ੧ ਤਿਤੁਕੀ
ੴ ਸਤਿਗੁਰ ਪ੍ਰਸਾਦਿ ॥
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥
ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।
ਅੰਗ: 637 | 21-10-2022