ਟੋਡੀ ਮਹਲਾ ੫ ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥
ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ॥ ਰਹਾਉ॥ (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ ॥੧॥
Gurbani status in Punjabi
ਰਾਮਕਲੀ ਮਹਲਾ ੫ ॥
ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥
(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੇਰੇ ਸਰੀਰ ਵਿਚੋਂ ਇਹ ਮਿੱਥ ਮੁੱਕ ਗਈ ਹੈ ਕਿ ਇਹ ਸਰੀਰ ਮੇਰਾ ਹੈ, ਇਹ ਸਰੀਰ ਮੇਰਾ ਹੈ। ਹੁਣ ਮੈਨੂੰ ਪਰਮਾਤਮਾ ਦੀ ਰਜ਼ਾ ਮਿੱਠੀ ਲੱਗਣ ਲੱਗ ਪਈ ਹੈ। ਜੋ ਕੁਝ ਪਰਮਾਤਮਾ ਕਰਦਾ ਹੈ, ਉਹ (ਹੁਣ) ਮੇਰੇ ਮਨ ਵਿਚ ਮਿੱਠਾ ਲੱਗ ਰਿਹਾ ਹੈ। ਇਸ ਆਤਮਕ ਤਬਦੀਲੀ ਦਾ) ਇਹ ਅਚਰਜ ਤਮਾਸ਼ਾ ਮੈਂ ਪਰਤੱਖ ਵੇਖ ਲਿਆ ਹੈ ॥੧॥
ਅੰਗ: 887 | 12-01-2022
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥
ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ।
ਅੰਗ: 704 | 11-01-2022
ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਅਸੁਮੇਧ ਜਗਨੇ ॥ ਤੁਲਾ ਪੁਰਖ ਦਾਨੇ ॥ ਪ੍ਰਾਗ ਇਸਨਾਨੇ ॥੧॥ ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥ ਅਪੁਨੇ ਰਾਮਹਿ ਭਜੁ ਰੇ ਮਨ ਆਲਸੀਆ ॥੧॥ ਰਹਾਉ ॥ ਗਇਆ ਪਿੰਡੁ ਭਰਤਾ ॥ ਬਨਾਰਸਿ ਅਸਿ ਬਸਤਾ ॥ ਮੁਖਿ ਬੇਦ ਚਤੁਰ ਪੜਤਾ ॥੨॥
ਜੇ ਕੋਈ ਮਨੁੱਖ ਅਸਮੇਧ ਜੱਗ ਕਰੇ, ਆਪਣੇ ਨਾਲ ਸਾਵਾਂ ਤੋਲ ਕੇ (ਸੋਨਾ ਚਾਂਦੀ ਆਦਿਕ) ਦਾਨ ਕਰੇ ਅਤੇ ਪ੍ਰਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰੇ।੧। ; ਤਾਂ ਭੀ ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ, ਪ੍ਰਭੂ ਦੀ ਸਿਫ਼ਤਿ ਸਾਲਾਹ ਦੀ, ਬਰਾਬਰੀ ਨਹੀਂ ਕਰ ਸਕਦੇ। ਸੋ, ਹੇ ਮੇਰੇ ਆਲਸੀ ਮਨ! ਆਪਣੇ ਪਿਆਰੇ ਪ੍ਰਭੂ ਨੂੰ ਸਿਮਰ।੧। ਰਹਾਉ। ਜੇ ਮਨੁੱਖ ਗਇਆ ਤੀਰਥ ਤੇ ਜਾ ਕੇ ਪਿਤਰਾਂ ਨਿਮਿੱਤ ਪਿੰਡ ਭਰਾਏ, ਜੇ ਕਾਂਸ਼ੀ ਦੇ ਨਾਲ ਵਗਦੀ ਅਸਿ ਨਦੀ ਦੇ ਕੰਢੇ ਰਹਿੰਦਾ ਹੋਵੇ, ਜੇ ਮੂੰਹੋਂ ਚਾਰੇ ਵੇਦ (ਜ਼ਬਾਨੀ) ਪੜ੍ਹਦਾ ਹੋਵੇ।੨।
ਅੰਗ: 873 | 10-01-2022
ਸਲੋਕ ॥
ਤਿਅਕਤ ਜਲੰ ਨਹ ਜੀਵ ਮੀਨੰ ਨਹ ਤਿਆਗਿ ਚਾਤ੍ਰਿਕ ਮੇਘ ਮੰਡਲਹ ॥ ਬਾਣ ਬੇਧੰਚ ਕੁਰੰਕ ਨਾਦੰ ਅਲਿ ਬੰਧਨ ਕੁਸਮ ਬਾਸਨਹ ॥ ਚਰਨ ਕਮਲ ਰਚੰਤਿ ਸੰਤਹ ਨਾਨਕ ਆਨ ਨ ਰੁਚਤੇ ॥੧॥
ਪਾਣੀ ਨੂੰ ਛੱਡ ਕੇ ਮੱਛੀ ਜੀਊ ਨਹੀਂ ਸਕਦੀ, ਬੱਦਲਾਂ ਦੇ ਦੇਸ ਨੂੰ ਛੱਡ ਕੇ ਪਪੀਹਾ ਨਹੀਂ ਜੀਊ ਸਕਦਾ, ਹਰਨ ਰਾਗ ਦੇ ਤੀਰ ਨਾਲ ਵਿੰਨ੍ਹਿਆ ਜਾਂਦਾ ਹੈ ਤੇ ਫੁੱਲਾਂ ਦੀ ਸੁਗੰਧੀ ਭੌਰੇ ਦੇ ਬੱਝਣ ਦਾ ਕਾਰਨ ਬਣ ਜਾਂਦੀ ਹੈ। ਇਸੇ ਤਰ੍ਹਾਂ, ਹੇ ਨਾਨਕ! ਸੰਤ ਪ੍ਰਭੂ ਦੇ ਚਰਨ ਕਮਲਾਂ ਵਿਚ ਮਸਤ ਰਹਿੰਦੇ ਹਨ, ਪ੍ਰਭੂ ਚਰਨਾਂ ਤੋਂ ਬਿਨਾ ਉਹਨਾਂ ਨੂੰ ਹੋਰ ਕੁਝ ਨਹੀਂ ਭਾਉਂਦਾ ॥੧॥
ਅੰਗ: 708 | 09-01-2022
ਬਿਲਾਵਲੁ ਮਹਲਾ ੧ ॥
ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥
ਹੇ ਸਹੇਲੀਏ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ) ਵਿਚ (ਟਿਕ ਕੇ) ਮੇਰਾ ਮਨ ਖਿੜਿਆ ਰਹਿੰਦਾ ਹੈ, ਮੇਰੇ ਮਨ ਵਿਚ ਬਹੁਤ ਚਾਉ ਬਣਿਆ ਰਹਿੰਦਾ ਹੈ। ਅਬਿਨਾਸ਼ੀ ਪਿਆਰੇ ਪ੍ਰਭੂ ਨੇ (ਮੇਰੇ ਮਨ ਨੂੰ ਆਪਣੇ) ਪ੍ਰੇਮ (ਦੀ ਖਿੱਚ ਨਾਲ) ਮਸਤ ਕਰ ਰੱਖਿਆ ਹੈ। ਹੇ ਸਹੇਲੀਏ! ਉਹ ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਪਰ ਉਹ ਪਰਮਾਤਮਾ (ਵੱਡੇ ਵੱਡੇ) ਨਾਥਾਂ ਦਾ (ਭੀ) ਨਾਥ ਹੈ, (ਜਗਤ ਵਿਚ) ਉਹ ਹੀ ਹੁੰਦਾ ਹੈ, ਜੋ ਉਸ ਪਰਮਾਤਮਾ ਨੂੰ ਹੀ ਚੰਗਾ ਲੱਗਦਾ ਹੈ। ਹੇ ਪ੍ਰਭੂ! ਤੂੰ ਮਿਹਰ ਦਾ ਸਮੁੰਦਰ ਹੈਂ, ਤੂੰ ਸਦਾ ਹੀ ਦਇਆ ਦਾ ਸੋਮਾ ਹੈਂ, ਤੂੰ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਜੀਵਾਂ ਦੇ ਅੰਦਰ ਜਿੰਦ ਹੈਂ।
ਅੰਗ: 843 | 08-01-2022
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥
ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥
ਅੰਗ: 692 | 07-01-2022
ਤਿਲੰਗ ਮਃ ੧ ॥
ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥
ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ ? ਹੇ ਭੋਲੀ ਜੀਵ ਇਸਤ੍ਰੀਏ! ਪਤੀ ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ ?
ਅੰਗ: 722 | 06-01-2022
ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥
ਅੰਗ: 619 | 05-01-2022
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ ਹੰਸ ਹਰਿ ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।
ਅੰਗ: 685 | 04-01-2022
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥
ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ ਵਾਜੇ ਇੱਕ ਰਸ ਵੱਜਣ ਲੱਗ ਪਏ ਹਨ ॥੧॥
ਅੰਗ: 656 | 03-01-2022
ਟੋਡੀ ਮਹਲਾ ੫ ॥
ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥
ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ ਧੋਖਾ ਨਹੀਂ ਲੱਗ ਸਕਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ॥੧॥
ਅੰਗ: 711 | 02-01-2022