ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥
ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ
guru granth sahib quotes
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥
ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ – ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ ਰਸ ਵੱਜਣ ਲੱਗ ਪਏ ਹਨ
ਅੰਗ: 656 । 24-08-2021
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।
ਅੰਗ: 639 । 23 ਅਗਸਤ 2021
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ
ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥
ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।
ਅੰਗ: 686 । 22-08-2021
ਧਨਾਸਰੀ ਮਹਲਾ ੫ ॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।
ਅੰਗ: 673 । 21-08-2021
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ)।
ਅੰਗ: 729 । 20-08-2021
ਸੂਹੀ ਮਹਲਾ ੪ ॥
ਸਾਹਿਬ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ਤੇ ਮੁਕਤ ਭਏ ਜਿਨ |ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ . ॥ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ॥੧॥ ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ।
ਅੰਗ: 735 । 19-08-2021
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।
ਅੰਗ: 696 । 18-08-2021
ਸਲੋਕੁ ਮਃ ੩ ॥
ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥
(ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਨਾਨਕ ਜੀ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ।
ਅੰਗ: 651 । 17-08-2021
ਧਨਾਸਰੀ ਮਹਲਾ ੧ ॥
ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥
ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ॥੧॥ ਹੇ ਨਾਨਕ ਜੀ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ, ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ।
ਅੰਗ: 662 । 16-08-2021
ਟੋਡੀ ਮਹਲਾ ੫ ॥
ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥
ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ।
ਅੰਗ: 711 । 15-08-2021
ਸੋਰਠਿ ਮਹਲਾ ੩
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥
ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥
ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥
ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥
ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥
ਅੰਗ: 602