ਸੂਹੀ ਮਹਲਾ ੪ ॥
ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥
ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ।
hukamnama darbar sahib today
ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥
ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ।
ਅੰਗ: 698 | 19-12-2021
ਜੈਤਸਰੀ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥
(ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥
ਅੰਗ: 700 | 18-12-2021
ਧਨਾਸਰੀ ਮਹਲਾ ੪ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਨਸ਼ੇ ਤੋਂ ਬਿਨਾ ਅਮਲੀ ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ
ਅੰਗ: 668 | 17-12-2021
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।
ਅੰਗ: 666 | 16-12-2021
ਸਲੋਕ ॥
ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥
ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ।੧। ਹੇ ਨਾਨਕ! (ਆਖ-ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ?।੨।
ਅੰਗ: 706| 15-12-2021
ਰਾਗ ਧਨਾਸਰੀ
ਬਾਣੀ ਭਗਤ ਕਬੀਰ ਜੀ ਕਿ
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥
ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ ਪ੍ਰੇਮ ਤੇ ਪ੍ਰਭੂ ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ। ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ।
ਅੰਗ: 692 | 14-12-2021
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨।
ਅੰਗ: 709 | 13-12-2021
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥
ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥
ਅੰਗ: 692 | 12-12-2021
ਧਨਾਸਰੀ ਮਹਲਾ ੫ ਘਰੁ ੬
ਅਸਟਪਦੀ ੴ ਸਤਿਗੁਰ ਪ੍ਰਸਾਦਿ ॥
ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥
ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ ਪਾਤਿਸ਼ਾਹ ਨਾਲ ਮਿਲਾ ਦੇ ।
ਅੰਗ: 686 | 11-12-2021
ਵਡਹੰਸੁ ਮਹਲਾ ੫ ॥
ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥
ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ।1। ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ, (ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਹ ਆਤਮਕ ਮੌਤੇ ਮਰਦੀ ਹੈ, ਨਾਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ।1। ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ (ਮਾਨੋ) ਰਤਨ ਹਨ, ਜਵਾਹਰ ਹਨ, ਮੋਤੀ ਹਨ, ਲਾਲ ਹਨ। ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ ਖਿੜੇ ਰਹੀਦਾ ਹੈ।
ਅੰਗ: 563 | 10-12-2021
ਸੋਰਠਿ ਮਹਲਾ ੫ ॥
ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥
ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥
ਅੰਗ: 624 | 09-12-2021